ਇਸਲਾਮਾਬਾਦ (ਪੀਟੀਆਈ) : ਆਪਣੇ ਪਹਿਲਾਂ ਕੀਤੇ ਐਲਾਨ ਤੋਂ ਪਿੱਛੇ ਹਟਦਿਆਂ ਪਾਕਿਸਤਾਨ ਨੇ ਕਿਹਾ ਹੈ ਕਿ ਚਿਰਾਂ ਤੋਂ ਉਡੀਕੇ ਜਾ ਰਹੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ ਅਜੇ ਕੋਈ ਤਾਰੀਕ ਤੈਅ ਨਹੀਂ ਕੀਤੀ ਗਈ। ਹਾਲਾਂਕਿ ਉਸ ਨੇ ਇਹ ਭਰੋਸਾ ਦਿੱਤਾ ਹੈ ਕਿ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਇਸ ਨੂੰ ਅਗਲੇ ਮਹੀਨੇ 'ਸਮੇਂ ਸਿਰ' ਸ਼ੁਰੂ ਕਰ ਦਿੱਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਇਕ ਮਹੀਨਾ ਪਹਿਲਾਂ ਲਾਂਘਾ ਪ੍ਰਾਜੈਕਟ ਦੇ ਇਕ ਸੀਨੀਅਰ ਅਧਿਕਾਰੀ ਨੇ ਕਰਤਾਰਪੁਰ ਸਾਹਿਬ ਲਈ ਨਵੰਬਰ ਤੋਂ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਜਾਣ ਦੀ ਪ੍ਰਵਾਨਗੀ ਦਿੱਤੇ ਜਾਣ ਦਾ ਐਲਾਨ ਕੀਤਾ ਸੀ। ਵਿਦੇਸ਼ ਦਫ਼ਤਰ ਦੇ ਬੁਲਾਰੇ ਮੁਹੰਮਦ ਫੈਸਲ ਨੇ ਵੀਰਵਾਰ ਨੂੰ ਹਫ਼ਤਾਵਾਰੀ ਪੱਤਰਕਾਰ ਸੰਮੇਲਨ ਵਿਚ ਕਿਹਾ, 'ਪ੍ਰਧਾਨ ਮੰਤਰੀ (ਇਮਰਾਨ ਖ਼ਾਨ) ਦੇ ਵਾਅਦੇ ਮੁਤਾਬਕ ਕਰਤਾਰਪੁਰ ਲਾਂਘੇ 'ਤੇ ਕੰਮ ਸਮੇਂ ਸਿਰ ਪੂਰਾ ਹੋ ਜਾਵੇਗਾ। ਇਸ ਦਾ ਉਦਘਾਟਨ ਸਮੇਂ ਸਿਰ ਹੋਵੇਗਾ ਪਰ ਇਸ ਦੇ ਸ਼ੁਰੂ ਹੋ ਲਈ ਮੈਂ ਕੋਈ ਤਰੀਕ ਨਹੀਂ ਦੇ ਸਕਦਾ ਕਿਉਂਕਿ ਅਜੇ ਤਕ ਇਸ ਦੀ ਤਰੀਕ ਨਿਸ਼ਚਤ ਨਹੀਂ ਕੀਤੀ ਗਈ ਹੈ।' ਉਨ੍ਹਾਂ ਭਰੋਸਾ ਦਿੱਤਾ ਕਿ ਲਾਂਘੇ ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ 12 ਨਵੰਬਰ ਨੂੰ ਖੋਲ੍ਹ ਦਿੱਤਾ ਜਾਵੇਗਾ। ਪ੍ਰਸਤਾਵਿਤ ਲਾਂਘਾ ਕਰਤਾਰਪੁਰ ਵਿਚ ਦਰਬਾਰ ਸਾਹਿਬ ਨੂੰ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿਚ ਡੇਰਾ ਬਾਬਾ ਨਾਨਕ ਨਾਲ ਜੋੜੇਗਾ ਤੇ ਭਾਰਤੀ ਸ਼ਰਧਾਲੂ ਵੀਜ਼ਾ ਮੁਕਤ ਯਾਤਰਾ ਕਰ ਸਕਣਗੇ। ਉਨ੍ਹਾਂ ਨੂੰ ਕਰਤਾਰਪੁਰ ਸਾਹਿਬ ਜਾਣ ਲਈ ਸਿਰਫ਼ ਪਰਮਿਟ ਹਾਸਲ ਕਰਨਾ ਪਵੇਗਾ।

ਕਰਤਾਰਪੁਰ ਸਾਹਿਬ ਦੀ ਸਥਾਪਨਾ 1522 ਵਿਚ ਗੁਰੂ ਨਾਨਕ ਦੇਵ ਜੀ ਨੇ ਕੀਤੀ ਸੀ। ਲਾਹੌਰ ਤੋਂ ਕਰੀਬ 125 ਕਿਲੋਮੀਟਰ ਦੂਰ ਨਾਰੋਵਾਲ 'ਚ ਪ੍ਰਸਤਾਵਿਤ ਕਰਤਾਰਪੁਰ ਲਾਂਘੇ ਦੀ 16 ਸਤੰਬਰ ਨੂੰ ਪਾਕਿਸਤਾਨੀ ਤੇ ਵਿਦੇਸ਼ੀ ਪੱਤਰਕਾਰਾਂ ਦੀ ਯਾਤਰਾ ਵਿਚ ਪ੍ਰਾਜੈਕਟ ਨਿਰਦੇਸ਼ਕ ਆਤਿਫ ਮਾਜਿਦ ਨੇ ਕਿਹਾ ਸੀ ਕਿ ਲਾਂਘੇ ਦਾ 86 ਫ਼ੀਸਦੀ ਕੰਮ ਪੂਰਾ ਹੋ ਚੁੱਕਾ ਹੈ ਤੇ ਨੌਂ ਨਵੰਬਰ ਨੂੰ ਇਸ ਨੂੰ ਸ਼ਰਧਾਲੂਆਂ ਲਈ ਖੋਲ੍ਹ ਦਿੱਤਾ ਜਾਵੇਗਾ।