ਇਸਲਾਮਾਬਾਦ (ਪੀਟੀਆਈ) : ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਅਤੇ ਰੱਖਿਆ ਮੰਤਰੀ ਪਰਵੇਜ਼ ਖੱਟਕ ਵੱਲੋਂ ਸੋਮਵਾਰ ਨੂੰ ਕੰਟਰੋਲ ਰੇਖਾ (ਐੱਲਓਸੀ) ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਫ਼ੌਜ ਦੇ ਅਧਿਕਾਰੀਆਂ ਨਾਲ ਮੌਜੂਦਾ ਹਾਲਾਤ 'ਤੇ ਵਿਚਾਰ=ਵਟਾਂਦਰਾ ਕੀਤਾ। ਚਿੜੀ ਕੋਟ ਸੈਕਟਰ ਦੇ ਇਸ ਦੌਰੇ ਦੌਰਾਨ ਇਨ੍ਹਾਂ ਦੋ ਮੰਤਰੀਆਂ ਨਾਲ ਪ੍ਰਧਾਨ ਮੰਤਰੀ ਦੇ ਕੌਮੀ ਸੁਰੱਖਿਆ ਬਾਰੇ ਵਿਸ਼ੇਸ਼ ਸਹਾਇਕ ਮੋਈਦ ਯੂਸਫ ਵੀ ਮੌਜੂਦ ਸਨ।

ਐੱਲਓਸੀ ਦੇ ਦੌਰੇ ਤੋਂ ਪਹਿਲੇ ਕੁਰੈਸ਼ੀ ਨੇ ਇਕ ਵੀਡੀਓ ਜਾਰੀ ਕਰ ਕੇ ਕਿਹਾ ਕਿ ਉਹ ਰੱਖਿਆ ਮੰਤਰੀ ਨਾਲ ਐੱਲਓਸੀ ਦੇ ਦੌਰੇ 'ਤੇ ਕਸ਼ਮੀਰੀ ਲੋਕਾਂ ਨਾਲ ਹਮਦਰਦੀ ਪ੍ਰਗਟ ਕਰਨ ਜਾ ਰਹੇ ਹਨ। ਚਿੜੀ ਕੋਟ ਸੈਕਟਰ ਦੇ ਇਸ ਦੌਰੇ ਦੌਰਾਨ ਫ਼ੌਜ ਦੇ ਅਧਿਕਾਰੀਆਂ ਨੇ ਦੋਵਾਂ ਮੰਤਰੀਆਂ ਨੂੰ ਸਰਹੱਦ ਦੀ ਮੌਜੂਦਾ ਸਥਿਤੀ ਤੋਂ ਜਾਣੂ ਕਰਵਾਇਆ।

ਇਸ ਦੌਰਾਨ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਪਾਕਿਸਤਾਨ ਨੂੰ ਸਪੱਸ਼ਟ ਤੌਰ 'ਤੇ ਦੱਸ ਦਿੱਤਾ ਹੈ ਕਿ ਜੰਮੂ-ਕਸ਼ਮੀਰ ਭਾਰਤ ਦਾ ਅਟੁੱਟ ਅੰਗ ਰਿਹਾ ਹੈ ਤੇ ਰਹੇਗਾ। ਭਾਰਤ ਦੇ ਅੰਦਰੂਨੀ ਮਾਮਲਿਆਂ 'ਚ ਪਾਕਿਸਤਾਨ ਦੇ ਦਖ਼ਲ ਨੂੰ ਭਾਰਤ ਬਰਦਾਸ਼ਤ ਨਹੀਂ ਕਰੇਗਾ। ਪਿਛਲੇ ਸਾਲ 5 ਅਗਸਤ ਨੂੰ ਭਾਰਤ ਵੱਲੋਂ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕਰਨ ਪਿੱਛੋਂ ਪਾਕਿਸਤਾਨ ਇਸ ਮਾਮਲੇ ਨੂੰ ਕੌਮਾਂਤਰੀ ਮੰਚਾਂ 'ਤੇ ਵੀ ਉਠਾਉਂਦਾ ਰਿਹਾ ਹੈ ਪ੍ਰੰਤੂ ਉਸ ਨੂੰ ਕੋਈ ਸਫਲਤਾ ਨਹੀਂ ਮਿਲੀ। ਭਾਰਤ ਨੇ ਕੌਮਾਂਤਰੀ ਭਾਈਚਾਰੇ ਨੂੰ ਦੱਸਿਆ ਹੈ ਕਿ ਸੰਵਿਧਾਨ ਦੀ ਧਾਰਾ 370 ਨੂੰ ਖ਼ਤਮ ਕਰਨਾ ਭਾਰਤ ਦਾ ਅੰਦਰੂਨੀ ਮਾਮਲਾ ਹੈ। ਭਾਰਤ ਨੇ ਪਾਕਿਸਤਾਨ ਨੂੰ ਵੀ ਸਪੱਸ਼ਟ ਕੀਤਾ ਹੈ ਕਿ ਉਹ ਸੱਚਾਈ ਦਾ ਸਾਹਮਣਾ ਕਰੇ ਤੇ ਭਾਰਤ ਵਿਰੋਧੀ ਪ੍ਰਚਾਰ ਬੰਦ ਕਰੇ।