ਏਜੰਸੀ, ਬਲੋਚਿਸਤਾਨ : ਪਾਕਿਸਤਾਨ ਦੇ ਬਲੋਚਿਸਤਾਨ ਦੇ ਨਸੀਰਾਬਾਦ ਜ਼ਿਲ੍ਹੇ 'ਚ ਅੰਨ੍ਹੇਵਾਹ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਅਣਪਛਾਤੇ ਹਮਲਾਵਰਾਂ ਨੇ ਇੱਥੇ ਜਲੂਸ ਨੂੰ ਲੈ ਕੇ ਜਾ ਰਹੀ ਵੈਨ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ 'ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ 12 ਲੋਕ ਗੰਭੀਰ ਜ਼ਖਮੀ ਹੋ ਗਏ।
20 ਲੋਕਾਂ 'ਤੇ ਗੋਲ਼ੀਬਾਰੀ
ਪੁਲੀਸ ਅਨੁਸਾਰ 18 ਮਾਰਚ ਨੂੰ ਬੱਚਿਆਂ ਤੇ ਔਰਤਾਂ ਸਮੇਤ 20 ਦੇ ਕਰੀਬ ਵਿਅਕਤੀ ਗੰਡਾਵਾਹਾ ਵੱਲ ਜਾ ਰਹੇ ਸਨ ਪਰ ਜਦੋਂ ਉਹ ਸੋਹੇਜੇ ਲੇਵੀਜ਼ ਚੌਕੀ ਕੋਲ ਪੁੱਜੇ ਤਾਂ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਆਟੋਮੈਟਿਕ ਹਥਿਆਰਾਂ ਨਾਲ ਵੈਨ ’ਤੇ ਗੋਲੀਆਂ ਚਲਾ ਦਿੱਤੀਆਂ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਝਾਲ ਮਗਾਸੀ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਮਲੇ 'ਚ ਇਕ ਔਰਤ ਸਮੇਤ 4 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 12 ਹੋਰ ਜ਼ਖਮੀ ਹੋ ਗਏ।
ਚਾਰ ਦੀ ਹਾਲਤ ਨਾਜ਼ੁਕ
ਮ੍ਰਿਤਕਾਂ ਦੀਆਂ ਲਾਸ਼ਾਂ ਅਤੇ ਜ਼ਖ਼ਮੀਆਂ ਨੂੰ ਗੰਡਾਵਾ ਦੇ ਜ਼ਿਲਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਹਸਪਤਾਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਚਾਰ ਜ਼ਖ਼ਮੀਆਂ ਦੀ ਹਾਲਤ ਨਾਜ਼ੁਕ ਹੈ ਅਤੇ ਉਨ੍ਹਾਂ ਨੂੰ ਕਵੇਟਾ ਭੇਜਿਆ ਜਾ ਰਿਹਾ ਹੈ। ਪੁਲਿਸ ਹਮਲੇ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਅਜੇ ਤੱਕ ਕੋਈ ਸੁਰਾਗ ਨਹੀਂ ਮਿਲਿਆ ਹੈ। ਹਾਲਾਂਕਿ, ਡਾਨ ਦੇ ਅਨੁਸਾਰ, ਮਗਾਸੀ ਦੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਤਲੇਆਮ ਦੇ ਪਿੱਛੇ ਕਬਾਇਲੀ ਦੁਸ਼ਮਣੀ ਹੋ ਸਕਦੀ ਹੈ।
ਹਮਲਾਵਰਾਂ ਦੀ ਭਾਲ ਸ਼ੁਰੂ
ਅਧਿਕਾਰੀ ਘਟਨਾ ਦੀ ਜਾਂਚ ਕਰ ਰਹੇ ਹਨ ਅਤੇ ਹਮਲਾਵਰਾਂ ਦਾ ਪਤਾ ਲਗਾਉਣ ਲਈ ਬਲਾਂ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਇਸ ਦੌਰਾਨ ਬਲੋਚਿਸਤਾਨ ਦੇ ਮੁੱਖ ਮੰਤਰੀ ਅਬਦੁਲ ਕੁਦੁਸ ਬਿਜੈਂਜੋ ਨੇ ਘਟਨਾ ਦਾ ਨੋਟਿਸ ਲਿਆ ਹੈ ਅਤੇ ਝਾਲ ਮਗਾਸੀ ਦੇ ਡਿਪਟੀ ਕਮਿਸ਼ਨਰ ਤੋਂ ਰਿਪੋਰਟ ਮੰਗੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਅਤੇ ਜ਼ਖਮੀਆਂ ਨੂੰ ਹਰ ਸੰਭਵ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।
ਉਸੇ ਦਿਨ, ਬਲੋਚਿਸਤਾਨ ਦੇ ਜ਼ੋਬ ਜ਼ਿਲ੍ਹੇ ਵਿੱਚ ਅਣਪਛਾਤੇ ਬੰਦੂਕਧਾਰੀਆਂ ਨੇ ਇੱਕ ਕਬਾਇਲੀ ਬਜ਼ੁਰਗ ਅਤੇ ਉਸਦੇ ਦੋ ਭਰਾਵਾਂ ਸਮੇਤ ਸੱਤ ਲੋਕਾਂ ਨੂੰ ਲਿਜਾ ਰਹੇ ਇੱਕ ਵਾਹਨ 'ਤੇ ਗੋਲੀਬਾਰੀ ਕੀਤੀ। ਇਸ ਹਮਲੇ 'ਚ ਵੀ ਸਾਰੇ ਲੋਕਾਂ ਦੀ ਮੌਤ ਹੋ ਗਈ ਸੀ।
Posted By: Jaswinder Duhra