- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਮਰੀਕਾ ਦੇ ਨਿਆਂ ਵਿਭਾਗ ਨੇ ਇਸ ਪਾਕਿਸਤਾਨੀ ਨਾਗਰਿਕ ਨੂੰ ਈਰਾਨ ਦੀ ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕੋਰ (ਆਈਆਰਜੀਸੀ) ਦੇ ਇਸ਼ਾਰੇ ’ਤੇ ਰਾਸ਼ਟਰਪਤੀ ਡੋਨਾਲਡ ਟਰੰਪ ਸਮੇਤ ਕਈ ਅਮਰੀਕੀ ਸਰਕਾਰੀ ਅਧਿਕਾਰੀਆਂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦਾ ਦੋਸ਼ੀ ਮੰਨਿਆ ਹੈ। ਇਸ ਮਾਮਲੇ ਵਿੱਚ ਉਸ ਨੂੰ 27 ਸਾਲ ਅਤੇ 6 ਮਹੀਨੇ ਦੀ ਸਜ਼ਾ ਸੁਣਾਈ ਗਈ ਹੈ।

ਡਿਜੀਟਲ ਡੈਸਕ, ਵਾਸ਼ਿੰਗਟਨ ਡੀਸੀ : ਅਮਰੀਕੀ ਅਦਾਲਤ ਨੇ ਪਾਕਿਸਤਾਨੀ ਨਾਗਰਿਕ ਨੂੰ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ 330 ਮਹੀਨੇ (27 ਸਾਲ ਅਤੇ 6 ਮਹੀਨੇ) ਜੇਲ੍ਹ ਦੀ ਸਜ਼ਾ ਸੁਣਾਈ ਹੈ।
ਅਮਰੀਕਾ ਦੇ ਨਿਆਂ ਵਿਭਾਗ ਨੇ ਇਸ ਪਾਕਿਸਤਾਨੀ ਨਾਗਰਿਕ ਨੂੰ ਈਰਾਨ ਦੀ ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕੋਰ (ਆਈਆਰਜੀਸੀ) ਦੇ ਇਸ਼ਾਰੇ ’ਤੇ ਰਾਸ਼ਟਰਪਤੀ ਡੋਨਾਲਡ ਟਰੰਪ ਸਮੇਤ ਕਈ ਅਮਰੀਕੀ ਸਰਕਾਰੀ ਅਧਿਕਾਰੀਆਂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦਾ ਦੋਸ਼ੀ ਮੰਨਿਆ ਹੈ। ਇਸ ਮਾਮਲੇ ਵਿੱਚ ਉਸ ਨੂੰ 27 ਸਾਲ ਅਤੇ 6 ਮਹੀਨੇ ਦੀ ਸਜ਼ਾ ਸੁਣਾਈ ਗਈ ਹੈ।
ਅਮਰੀਕੀ ਨਿਆਂ ਵਿਭਾਗ ਨੇ ਦਿੱਤੀ ਜਾਣਕਾਰੀ
ਅਮਰੀਕੀ ਨਿਆਂ ਵਿਭਾਗ (ਯੂਐੱਸ ਡਿਪਾਰਟਮੈਂਟ ਆਫ਼ ਜਸਟਿਸ) ਵੱਲੋਂ ਜਾਰੀ ਪ੍ਰੈੱਸ ਬਿਆਨ ਅਨੁਸਾਰ, ਪਾਕਿਸਤਾਨੀ ਨਾਗਰਿਕ ਦੀ ਪਛਾਣ ਆਸਿਫ਼ ਮਰਚੈਂਟ ਵਜੋਂ ਹੋਈ ਹੈ। ਅਮਰੀਕੀ ਸੰਘੀ ਅਦਾਲਤ ਨੇ ਉਸ ਨੂੰ ਈਰਾਨ ਦੀ ਆਈਆਰਜੀਸੀ (ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕੋਰ) ਦੇ ਇਸ਼ਾਰੇ ’ਤੇ ਰਾਸ਼ਟਰਪਤੀ ਟਰੰਪ ਸਮੇਤ ਅਮਰੀਕੀ ਸਰਕਾਰੀ ਅਧਿਕਾਰੀਆਂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ 330 ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਹੈ।
ਪਹਿਲਾਂ ਵੀ ਹੋ ਚੁੱਕੀ ਹੈ ਸਜ਼ਾ
48 ਸਾਲਾ ਮਰਚੈਂਟ ਨੂੰ ਬਰੁਕਲਿਨ ਦੀ ਸੰਘੀ ਅਦਾਲਤ ਵਿੱਚ ਅਮਰੀਕੀ ਜ਼ਿਲ੍ਹਾ ਜੱਜ ਐਰਿਕ ਆਰ. ਕੋਮਿਟੀ ਨੇ ਸਜ਼ਾ ਸੁਣਾਈ। ਇਸ ਤੋਂ ਪਹਿਲਾਂ ਮਾਰਚ 2026 ਵਿੱਚ ਸੰਘੀ ਜਿਊਰੀ ਨੇ ਉਸ ਨੂੰ ਕੌਮਾਂਤਰੀ ਸਰਹੱਦਾਂ ਪਾਰ ਅੱਤਵਾਦੀ ਗਤੀਵਿਧੀ ਦੀ ਕੋਸ਼ਿਸ਼ ਕਰਨ ਅਤੇ ਪੈਸੇ ਦੇ ਕੇ ਹੱਤਿਆ ਕਰਵਾਉਣ ਦੀ ਸਾਜ਼ਿਸ਼ ਰਚਣ ਦਾ ਦੋਸ਼ੀ ਠਹਿਰਾਇਆ ਸੀ। ਉਸ ਨੂੰ ਈਰਾਨੀ ਸਰਕਾਰ ਦੀ ਵਿਸ਼ਵ ਪੱਧਰੀ ਅੱਤਵਾਦੀ ਫ਼ੌਜ ਆਈਆਰਜੀਸੀ ਦਾ ਸਿਖਲਾਈ ਪ੍ਰਾਪਤ ਕਾਰਕੁਨ ਦੱਸਿਆ ਗਿਆ ਹੈ।
ਅਪਰਾਧ ਦੀ ਸਾਜ਼ਿਸ਼ ਰਚਣ ਵਾਲਿਆਂ ਨੂੰ ਸਖ਼ਤ ਸੰਦੇਸ਼
ਅਮਰੀਕਾ ਦੇ ਅਟਾਰਨੀ ਜਨਰਲ ਟੌਡ ਬਲਾਂਚ ਨੇ ਕਿਹਾ ਕਿ ਰਾਸ਼ਟਰਪਤੀ ਟਰੰਪ ਦੀ ਹੱਤਿਆ ਦੀ ਸਾਜ਼ਿਸ਼ ਨੂੰ ਅੰਜਾਮ ਦੇਣ ਲਈ ਅਮਰੀਕਾ ਆਏ ਈਰਾਨੀ ਏਜੰਟ ਨੂੰ ਉਸ ਦੇ ਅਪਰਾਧ ਲਈ ਢੁੱਕਵੀਂ ਸਜ਼ਾ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਨਿਆਂ ਵਿਭਾਗ ਆਪਣੇ ਆਗੂਆਂ ਵਿਰੁੱਧ ਵਿਦੇਸ਼ੀ ਅੱਤਵਾਦੀ ਸਾਜ਼ਿਸ਼ਾਂ ਨੂੰ ਬਰਦਾਸ਼ਤ ਨਹੀਂ ਕਰੇਗਾ ਅਤੇ ਜਦੋਂ ਤੱਕ ਇਸ ਲਈ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਨਹੀਂ ਠਹਿਰਾਇਆ ਜਾਂਦਾ, ਉਦੋਂ ਤੱਕ ਕਾਰਵਾਈ ਜਾਰੀ ਰਹੇਗੀ।
ਆਪਣੀ ਮਰਜ਼ੀ ਨਾਲ ਆਈਆਰਜੀਸੀ ਵਿੱਚ ਸ਼ਾਮਲ ਹੋਇਆ ਸੀ ਮਰਚੈਂਟ
ਪ੍ਰੈੱਸ ਬਿਆਨ ਵਿੱਚ ਦਿੱਤੀ ਜਾਣਕਾਰੀ ਅਨੁਸਾਰ, ਮਰਚੈਂਟ ਆਪਣੀ ਮਰਜ਼ੀ ਨਾਲ ਆਈਆਰਜੀਸੀ ਵਿੱਚ ਸ਼ਾਮਲ ਹੋਇਆ ਸੀ ਅਤੇ ਉਸ ਨੇ ਖੁਫ਼ੀਆ ਜਾਣਕਾਰੀ ਇਕੱਠੀ ਕਰਨ ਦੀ ਸਿਖਲਾਈ ਪ੍ਰਾਪਤ ਕੀਤੀ ਸੀ। ਇਸ ਤੋਂ ਬਾਅਦ ਉਹ ਈਰਾਨੀ ਫ਼ੌਜ ਵੱਲੋਂ ਅਮਰੀਕੀ ਸਰਕਾਰੀ ਅਧਿਕਾਰੀਆਂ ਦੀ ਹੱਤਿਆ ਕਰਨ ਲਈ ਲੋਕਾਂ (ਕਾਤਲਾਂ) ਦੀ ਭਾਲ ਕਰਨ ਅਤੇ ਉਨ੍ਹਾਂ ਨੂੰ ਪੈਸੇ ਦੇਣ ਦੇ ਮਕਸਦ ਨਾਲ ਅਮਰੀਕਾ ਆਇਆ ਸੀ।
ਕਾਸਿਮ ਸੁਲੇਮਾਨੀ ਦੀ ਮੌਤ ਦਾ ਬਦਲਾ ਲੈਣ ਦੀ ਸੀ ਕੋਸ਼ਿਸ਼
ਮਰਚੈਂਟ ਨੇ ਇਹ ਵੀ ਦੱਸਿਆ ਸੀ ਕਿ ਟਰੰਪ ਤੋਂ ਇਲਾਵਾ ਉਸ ਦੇ ਸੰਭਾਵਿਤ ਨਿਸ਼ਾਨਿਆਂ ਵਿੱਚ ਉਸ ਸਮੇਂ ਦੇ ਰਾਸ਼ਟਰਪਤੀ ਜੋਅ ਬਾਇਡਨ ਅਤੇ ਸੰਯੁਕਤ ਰਾਸ਼ਟਰ ਵਿੱਚ ਅਮਰੀਕਾ ਦੀ ਸਾਬਕਾ ਰਾਜਦੂਤ ਨਿੱਕੀ ਹੇਲੀ ਵੀ ਸ਼ਾਮਲ ਸਨ। ਉਸ ਸਮੇਂ ਇਹ ਸਾਰੇ ਅਮਰੀਕੀ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਸਨ।
ਮੰਨਿਆ ਜਾ ਰਿਹਾ ਹੈ ਕਿ ਇਹ ਸਾਜ਼ਿਸ਼ ਈਰਾਨ ਵੱਲੋਂ ਆਪਣੇ ਸਾਬਕਾ ਆਈਆਰਜੀਸੀ ਕਮਾਂਡਰ ਕਾਸਿਮ ਸੁਲੇਮਾਨੀ ਦੀ ਮੌਤ ਦਾ ਬਦਲਾ ਲੈਣ ਲਈ ਰਚੀ ਗਈ ਸੀ। ਸੁਲੇਮਾਨੀ ਜਨਵਰੀ 2020 ਵਿੱਚ ਅਮਰੀਕੀ ਡਰੋਨ ਹਮਲੇ ਵਿੱਚ ਮਾਰਿਆ ਗਿਆ ਸੀ।
*(ਏਐੱਨਆਈ ਦੇ ਇਨਪੁਟ ਨਾਲ)*